22 ਮਈ ਤੱਕ ਆਨਲਾਈਨ ਵਿਭਾਗ ਦੀ ਵੈੱਬਸਾਈਟ ‘ਤੇ ਕੀਤਾ ਜਾ ਸਕਦੈ ਅਪਲਾਈ

B11 NEWS
By -
ਕਪੂਰਥਲਾ,22 ਅਪ੍ਰੈਲ: (ਲਾਡੀ,ਦੀਪ ਚੌਧਰੀ,ੳ.ਪੀ ਚੌਧਰੀ)ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਸਬਸਿਡੀ ‘ਤੇ ਮਸ਼ੀਨਾਂ ਲੈਣ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ ਤਾਂ ਜੋ ਰਾਜ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਿਆ ਜਾ ਸਕੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੀ.ਆਰ.ਐਮ. ਸਕੀਮ ਤਹਿਤ ਵਿੱਤੀ ਸਾਲ 2025-26 ਲਈ ਸਬਸਿਡੀ ‘ਤੇ ਖੇਤੀ ਮਸ਼ੀਨਰੀ ਦੇ ਲਈ ਅਰਜ਼ੀਆਂ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਮਸ਼ੀਨਰੀ ਉੱਤੇ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ 22 ਮਈ ਸ਼ਾਮ 5 ਵਜੇ ਤੱਕ ਖੇਤੀਬਾੜੀ ਵਿਭਾਗ ਦੀ ਵੈੱਬਸਾਈਟ www.agrimachinerypb.com ‘ਤੇ ਦਿੱਤੀਆਂ ਜਾ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਵਿਚ ਸੁਪਰ ਐਸ.ਐਮ.ਐਸ, ਬੇਲਰ, ਰੇਕ, ਹੈਪੀ ਸੀਡਰ, ਸੁੱਪਰ ਸੀਡਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿਲ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਮਸ਼ੀਨਾਂ ਕਿਸਾਨਾਂ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਮਿਲਾਕੇ ਵਾਤਾਵਰਣ ਪੱਖੀ ਤੇ ਆਧੁਨਿਕ ਖੇਤੀਬਾੜੀ ਦੇ ਯੋਗ ਬਣਾਉਂਦੀਆਂ ਹਨ।

ਮੁੱਖ ਖੇਤੀਬਾੜੀ ਅਫ਼ਸਰ ਡਾ. ਐਚ.ਪੀ.ਐਸ. ਭਰੋਤ ਨੇ ਕਿਹਾ ਕਿ ਇਸ ਸਕੀਮ ਅਧੀਨ ਕੇਵਲ ਆਨਲਾਈਨ ਅਰਜ਼ੀਆਂ ਹੀ ਸਵੀਕਾਰ ਕੀਤੀਆਂ ਜਾਣਗੀਆ। ਹੋਰ ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਕਿਸਾਨ ਬਲਾਕ ਖੇਤੀਬਾੜੀ ਦਫ਼ਤਰ ਜਾਂ ਮੁੱਖ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਖੇਤੀਬਾੜੀ ਅਧਿਕਾਰੀਆਂ,ਖੇਤੀਬਾੜੀ ਵਿਕਾਸ ਅਫਸਰਾਂ, ਖੇਤੀਬਾੜੀ ਵਿਸਥਾਰ ਅਫਸਰਾਂ ਅਤੇ ਬਲਾਕ ਪੱਧਰ ਦੇ ਖੇਤੀਬਾੜੀ ਦਫਤਰਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।