ਪਵਿੱਤਰ ਕਾਲੀ ਵੇਈਂ ਦੀ ਕਾਰਸੇਵਾ ਦੀ 25ਵੀਂ ਵਰ੍ਹੇਗੰਢ ਦੇ ਸਮਾਗਮ ਕੱਲ੍ਹ ਤੋਂਵਾਤਾਵਰਣ ਕਾਨਫਰੰਸ 13 ਨੂੰ
By -
July 11, 2025
ਸੁਲਤਾਨਪੁਰ ਲੋਧੀ/ਸੀਚੇਵਾਲ, 11 ਜੁਲਾਈ ( ਲਾਡੀ,ਦੀਪ ਚੌਧਰੀ,ੳ.ਪੀ ਚੌਧਰੀ ) ਪੰਜਾਬ ਵਿੱਚ ਵਾਤਾਵਰਨ ਸੰਭਾਲ ਦੀ ਲਹਿਰ ਖੜ੍ਹੀ ਕਰਨ ਲਈ ਕੂੰਜੀਵਤ ਭੂਮਿਕਾ ਨਿਭਾਉਣ ਵਾਲੀ ਪਵਿੱਤਰ ਕਾਲੀ ਵੇਈਂ ਦੀ ਕਾਰਸੇਵਾ ਦੀ 25ਵੀਂ ਵਰ੍ਹੇਗੰਢ ਦੇ ਸਮਾਗਮ 13 ਤੋਂ 16 ਜੁਲਾਈ ਤੱਕ ਕਰਵਾਏ ਜਾ ਰਹੇ ਹਨ। ਵਾਤਵਰਣ ਪ੍ਰੇਮੀ ਅਤੇ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਇਸ ਚਾਰ ਰੋਜਾ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਨਿਰਮਲ ਕੁਟੀਆ ਸੁਲਤਾਨਪੁਰ ਅਤੇ ਸੀਚੇਵਾਲ ਦੇ ਪ੍ਰਬੰਧਕ ਸੰਤ ਸੁਖਜੀਤ ਸਿੰਘ ਸੀਚੇਵਾਲ ਅਤੇ ਬਾਬਾ ਸੁਰਜੀਤ ਸਿੰਘ ਸੀਚੇਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈ ਦੀ ਕਾਰ ਸੇਵਾ ਨੂੰ ਚਲਦਿਆਂ 25 ਵਰ੍ਹੇ ਹੋ ਗਏ ਹਨ ਅਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 13 ਤੋਂ 16 ਜੁਲਾਈ ਤੱਕ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ ਵਰ੍ਹੇਗੰਢ ਮਨਾਈ ਜਾ ਰਹੀ ਹੈ। ਉਨਾਂ ਦੱਸਿਆ ਕਿ 13 ਜੁਲਾਈ ਨੂੰ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਵਾਤਾਵਰਣ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਮੈਂਬਰ ਡਾ. ਅਫਰੋਜ ਅਹਿਮਦ ਬਤੌਰ ਮੁੱਖ ਮਹਿਮਾਨ ਤਸ਼ਰੀਫ ਲਿਆਉਣਗੇ ਜਦਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਅਤੇ ਪਿੰਗਲਵਾੜਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੁੱਖ ਪ੍ਰਬੰਧਕ ਬੀਬੀ ਇੰਦਰਜੀਤ ਕੌਰ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਣਗੇ। ਉਨਾਂ ਦੱਸਿਆ ਕਿ 14 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 15 ਜੁਲਾਈ ਨੂੰ ਸਵੇਰੇ 9 ਤੋਂ 11 ਵਜੇ ਤੱਕ ਕੀਰਤਨ ਦਰਬਾਰ ਸਜਾਇਆ ਜਾਵੇਗਾ ਅਤੇ 11 ਤੋਂ 2 ਵਜੇ ਤੱਕ ਕਵੀ ਦਰਬਾਰ ਹੋਵੇਗਾ। 16 ਜੁਲਾਈ ਨੂੰ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਧਾਰਮਿਕ ਤੇ ਸਮਾਜਿਕ ਆਗੂ ਅਤੇ ਵਿਦਵਾਨ ਪੰਜਾਬ ਦੇ ਵਾਤਾਵਰਨ ਨੂੰ ਹੋਰ ਬਿਹਤਰ ਬਣਾਉਣ ਲਈ ਵਿਚਾਰ ਚਰਚਾ ਕਰਨਗੇ। ਉਨਾਂ ਅਪੀਲ ਕੀਤੀ ਕਿ ਇਨਾਂ ਸਮਾਗਮਾਂ ਵਿੱਚ ਵੱਧ ਤੋਂ ਵੱਧ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾਣ।